ਜਲੰਧਰ, (ਵਿਸ਼ਾਲ/ਰੋਜਾਨਾ ਆਜਤਕ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ’ਚ ਨੌਕਰੀਆਂ ਦੇ ਵਧੇਰੇ ਮੌਕੇ ਪੈਦਾ ਕਰਨ ਲਈ ਵਚਨਬੱਧ ਹੈ। ਸਰਕਾਰ ਅਗਲੇ ਸਾਲ ਇਕ ਲੱਖ ਲੋਕਾਂ ਲਈ ਨੌਕਰੀਆਂ ਲੈ ਕੇ ਆਵੇਗੀ, ਜੋ ਸੂਬੇ ’ਚ ਬੇਰੋਜ਼ਗਾਰੀ ਦੀ ਦਰ ਘਟਾਉਣ ’ਚ ਸਹਾਇਕ ਸਾਬਤ ਹੋਣਗੀਆਂ। ਇਹ ਪ੍ਰਗਟਾਵਾ ਸੂਬੇ ਦੇ ਮੈਡੀਕਲ ਸਿੱਖਿਆ ਮੰਤਰੀ ਓਪੀ ਸੋਨੀ ਨੇ ਅੱਜ ਡੀਸੀ ਕੰਪਲੈਕਸ ’ਚ ਮੀਟਿੰਗ ਹਾਲ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਕੈਬਨਿਟ ਮੰਤਰੀ ਸੋਨੀ ਇਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਪ੍ਰਧਾਨਗੀ ਹੇਠ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਦੇ ਵਰਚੂਅਲ ਸਮਾਪਤੀ ਸਮਾਗਮ ’ਚ ਪੁੱਜੇ ਹੋਏ ਸਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਗਏ ਘਰ-ਘਰ ਰੋਜ਼ਗਾਰ ਮਿਸ਼ਨ ਪ੍ਰੋਗਰਾਮ ਤਹਿਤ ਜਲੰਧਰ ਜ਼ਿਲ੍ਹੇ ਨੇ ਇਸ ਸਾਲ ਸਤੰਬਰ ਮਹੀਨੇ ’ਚ ਲਗਾਏ ਗਏ 20 ਰੋਜ਼ਗਾਰ ਮੇਲਿਆਂ ’ਚ 8112 ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਕਰ ਕੇ ਸੂਬੇ ’ਚੋਂ ਤੀਜਾ ਸਥਾਨ ਹਾਸਲ ਕੀਤਾ ਹੈ। ਮੰਤਰੀ ਸੋਨੀ ਨੇ ਰੋਜ਼ਗਾਰ ਹਾਸਲ ਕਰਨ ਵਾਲੇ ਜ਼ਿਲ੍ਹੇ ਦੇ 8112 ਨੌਜਵਾਨਾਂ ਅਤੇ ਪੂਰੇ ਸੂਬੇ ਦੇ 93000 ਨੌਜਵਾਨਾਂ ਨੂੰ ਮੁਬਾਰਕਬਾਦ ਦਿੱਤੀ। ਮੰਤਰੀ ਨੇ ਦੱਸਿਆ ਕਿ ਸਤੰਬਰ ਮਹੀਨੇ ਵਿਚ ਲੱਗੇ 6ਵੇਂ ਮੈਗਾ ਰੋਜ਼ਗਾਰ ਮੇਲੇ ਦੌਰਾਨ ਕੁੱਲ 93593 ਨੌਜਵਾਨਾਂ ਨੂੰ ਪਲੇਸਮੈਂਟ ਮਿਲੀ ਹੈ, ਜਿਸ ਵਿਚੋਂ ਜਲੰਧਰ ਵੱਲੋਂ 8112 ਉਮੀਦਵਾਰਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵੱਲੋਂ ਵੱਖ-ਵੱਖ ਕੰਪਨੀਆਂ ਰਾਹੀਂ 14947 ਅਸਾਮੀਆਂ ਦੀ ਪੇਸ਼ਕਸ਼ ਕੀਤੀ ਗਈ ਸੀ ਅਤੇ ਕੁੱਲ 5999 ਪੁਰਸ਼ ਤੇ 2112 ਮਹਿਲਾ ਉਮੀਦਵਾਰਾਂ ਅਤੇ ਇਕ ਦਿਵਿਆਂਗ ਵਿਅਕਤੀ ਨੇ ਰੋਜ਼ਗਾਰ ਮੇਲਿਆਂ ਵਿਚ ਪਲੇਸਮੈਂਟ ਹਾਸਲ ਕੀਤੀ ਹੈ। ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਨੇ ਵੱਖ-ਵੱਖ ਥਾਵਾਂ ’ਤੇ 20 ਆਨਲਾਈਨ ਅਤੇ ਨਿੱਜੀ ਤੌਰ ’ਤੇ ਰੋਜ਼ਗਾਰ ਮੇਲੇ ਲਗਾਏ। ਉਨ੍ਹਾਂ ਦੱਸਿਆ ਕਿ ਇਨ੍ਹਾਂ 20 ਰੋਜਗਾਰ ਮੇਲਿਆਂ ਵਿੱਚ ਕੁੱਲ 502 ਕੰਪਨੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ ਅਤੇ 10205 ਨੌਜਵਾਨਾਂ ਨੇ ਹਿੱਸਾ ਲਿਆ।
ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਸਰਕਾਰੀ ਮੈਡੀਕਲ ਕਾਲਜ ਮੁਹਾਲੀ ਇਸ ਸਾਲ ਸ਼ੁਰੂ ਹੋ ਜਾਵੇਗਾ ਕਿਉਂਕਿ ਇਸ ਦੀ ਇਮਾਰਤ ਦੀ ਉਸਾਰੀ ਪਹਿਲਾਂ ਹੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਤੇ ਕਪੂਰਥਲਾ ਵਿਖੇ ਦੋ ਹੋਰ ਮੈਡੀਕਲ ਕਾਲਜ ਸਥਾਪਤ ਕੀਤੇ ਜਾ ਰਹੇ ਹਨ ਅਤੇ ਰਾਜ ਸਰਕਾਰ ਵੱਲੋਂ ਇਨ੍ਹਾਂ ਕਾਲਜਾਂ ਲਈ 50-50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਕਾਲਜਾਂ ’ਤੇ ਕੁੱਲ 975 ਕਰੋੜ ਰੁਪਏ ਖਰਚੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਰਜਿੰਦਰ ਬੇਰੀ, ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਚੌਧਰੀ ਸੁਰਿੰਦਰ ਸਿੰਘ, ਮੇਅਰ ਜਗਦੀਸ਼ ਰਾਜ ਰਾਜਾ, ਡਿਪਟੀ ਕਮਿਸਨਰ ਘਨਸ਼ਿਆਮ ਥੋਰੀ, ਏਡੀਸੀ (ਡੀ) ਵਿਸ਼ੇਸ਼ ਸਾਰੰਗਲ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ, ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਸਵੰਤ ਰਾਏ ਵੀ ਮੌਜੂਦ ਹਨ