ਜਲੰਧਰ, 8 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਗਏ ਹਨ ਅਤੇ ਤਿੰਨ ਨਫਰਤ ਪਰੇ ਖੇਤੀ ਕਾਨੂੰਨਾਂ ਖਿਲਾਫ ਬੋਲਣ ਵਾਲਿਆਂ ਦੀ ਆਵਾਜ਼ ਦਬਾ ਰਹੇ ਹਨ। ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਸਪਸ਼ਟ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਮੁੱਖ ਮੰਤਰੀ ਦੀ ਕਮਜ਼ੋਰੀ ਜਾਣਦਾ ਹੈ ਤੇ ਇਸੇ ਲਈ ਮੁੱਖ ਮੰਤਰੀ ਸਿੱਧਾ ਮੰਤਰਾਲੇ ਤੋਂ ਹੁਕਮ ਲੈ ਰਹੇ ਹਨ ਅਤੇ ਭਾਜਪਾ ਆਗੂਆਂ ਦੇ ਖਿਲਾਫ ਪ੍ਰਦਰਸ਼ਨ ਕਰਨ ਵਾਲੇ ਪੰਜਾਬੀਆਂ ਖਿਲਾਫ ਇਰਾਦਾ ਕਤਲ ਦੇ ਕੇਸ ਦਰਜ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਗੀਤ ਲੇਖਕ ਤੇ ਗਾਇਕ ਜਿਹਨਾਂ ਨੇ ਕਿਸਾਨ ਅੰਦੋਲਨ ਦੇ ਹੱਕ ਵਿਚ ਗੀਤ ਗਾਏ ਹਨ, ਨੂੰ ਵੀ ਵਿਸ਼ੇਸ਼ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ।