ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਹੋ ਰਹੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਸੱਤਾਧਾਰੀ ਪਾਰਟੀ ਵੱਲੋਂ ਉਮੀਦਵਾਰਾਂ ਦੇ ਕਾਗਜ਼ ਨਾ ਭਰਨ ਦੇਣ ਦਾ ਦੋਸ਼ ਲਗਾਇਆ ਹੈ। ਪਾਰਟੀ ਹੈੱਡਕੁਆਟਰ ਉੱਤੇ ਬੁਲਾਈ ਪ੍ਰੈਸ ਕਾਨਫਰੰਸ ‘ਚ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾਂ ਨੇ ਕਿਹਾ ਅੱਜ ਜਦੋਂ ਜਲਾਲਾਬਾਦ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਗਜ਼ ਦਾਖਲ ਕਰਨ ਲਈ ਐਸ ਡੀ ਐਮ ਦਫ਼ਤਰ ਪੁੱਜੇ ਤਾਂ ਐਸ ਡੀ ਐਮ ਆਪਣੇ ਦਫ਼ਤਰ ਵਿੱਚ ਮੌਜੂਦ ਨਹੀਂ ਸਨ ਤਾਂ ਸੱਤਾਧਾਰੀ ਕਾਂਗਰਸ ਪਾਰਟੀ ਦੇ ਲੋਕ ਦਫ਼ਤਰ ਵਿੱਚ ਸ਼ਰ੍ਹੇਆਮ ਗੁੰਡਾਗਰਦੀ ਕਰਦੇ ਹੋਏ ਪੁਲਿਸ ਦੀ ਮਦਦ ਨਾਲ ਉਮੀਦਵਾਰਾਂ ਦੇ ਕਾਗਜ਼ ਖੋਹ ਕੇ ਲੈ ਗਏ ਅਤੇ ਉਮੀਦਵਾਰਾਂ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਧੱਕੇ ਮਾਰ ਕੇ ਕਚਹਿਰੀ ਵਿੱਚੋਂ ਬਾਹਰ ਕੱਢ ਦਿੱਤਾ।