ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਮੰਗਲਵਾਰ ਦੀ ਸ਼ਾਮ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬੁਲਾਈ ਗਈ ਕਿਸਾਨ ਯੂਨੀਅਨਾਂ ਦੀ ਮੀਟਿੰਗ ਵਿਚ 40 ਵਿਚੋਂ ਸਿਰਫ 13 ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਪੰਜਾਬ ਦੀ ਕਿਸਾਨ ਜਥੇਬੰਦੀ ਬੀਕੇਯੂ (ਏਕਤਾ ਉਗਰਾਹਾ) ਨੂੰ ਮੀਟਿੰਗ ਵਿਚ ਨਾ ਬੁਲਾਇਆ ਗਿਆ।
ਮਾਨ ਨੇ ਕਿਹਾ ਕਿ ਜਿਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਵਿਚ ਬੁਲਾਇਆ ਗਿਆ ਸੀ ਉਨ੍ਹਾਂ ਜਥੇਬੰਦੀਆਂ ਦੇ ਕਿਸਾਨ ਆਗੂਆਂ ਨੂੰ ਵੀ ਅਲੱਗ-ਅਲੱਗ ਥਾਂ ਉਤੇ ਭੇਜਿਆ ਗਿਆ। ਇਸ ਤੋਂ ਬਾਅਦ ਮੀਟਿੰਗ ਦੇ ਕਈ ਸਥਾਨ ਬਦਲੇ ਗਏ। ਮਾਨ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਇਹ ਵੀ ਪਤਾ ਨਹੀਂ ਸੀ ਕਿ ਉਨ੍ਹਾਂ ਨੂੰ ਕਿਸ ਥਾਂ ਉਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਲਈ ਲਿਜਾਇਆ ਜਾ ਰਿਹਾ ਹੈ।
ਮਾਨ ਨੇ ਕਿਹਾ ਕਿ ਇਸ ਤੋਂ ਸਾਫ ਹੁੰਦਾ ਹੈ ਕਿ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਦੀ ਏਕਤਾਂ ਨੂੰ ਖੇਰੂ-ਖੇਰੂ ਕਰਨ ਲਈ ਅਜਿਹੇ ਹੱਥਕੰਢੇ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਜਥੇਬੰਦੀਆਂ ਵਿਚ ਆਪਸੀ ਫੁੱਟ ਪਾ ਕੇ ਮਤਭੇਦ ਪੈਦਾ ਕਰਾਉਣਾ ਚਾਹੁੰਦੀ ਹੈ ਅਤੇ ਕਿਸਾਨ ਅੰਦੋਲਨ ਨੂੰ ਕੰਮਜ਼ੋਰ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦੀ ਇਹ ਵੱਡੀ ਸਿਆਣਪ ਹੈ ਕਿ ਉਹ ਸਰਕਾਰ ਦੀਆਂ ਕੋਝੀਆਂ ਹਰਕਤਾਂ ਤੋਂ ਜਾਣੂ ਹਨ ਅਤੇ ਸਰਕਾਰ ਦੀ ਚਾਲ ਨੂੰ ਫੇਲ੍ਹ ਕਰ ਦਿੰਦੇ ਹਨ।
ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਅੰਦੋਲਨ ਨੂੰ ਲੈ ਕੇ ਅਜੇ ਵੀ ਭੁੱਲੇਖੇ ਵਿਚ ਹੈ। ਸਰਕਾਰ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤਾ ਗਿਆ ਅੰਦੋਲਨ ਹੁਣ ਦੇਸ਼ ਵਿਆਪੀ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਜਦੋਂ ਕੇਂਦਰ ਸਰਕਾਰ ਨੇ ਇਸ ਅੰਦੋਲਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਸਗੋਂ ਅੰਦੋਲਨ ਹੋਰ ਮਜ਼ਬੂਤ ਹੋ ਕੇ ਉਭਰਿਆ ਹੈ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ਅਤੇ ਕੇਂਦਰ ਸਰਕਾਰ ਆਪਣੀਆਂ ਟੁਚੀਆਂ ਹਰਕਤਾਂ ਤੋਂ ਬਾਜ ਆਵੇ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ।