ਚੰਡੀਗੜ੍ਹ , ਖੇਤੀ ਕਾਨੂੰਨ ਵਿਰੋਧ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਨੋਟਿਸ ਜਾਰੀ ਕਰਨ ਦੀ ਨਿੰਦਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਅਜਿਹੇ ਹੱਥਕੰਡੇ ਕਿਸਾਨਾਂ ਨੂੰ ਆਪਣੇ ਹੱਕਾਂ ਤੇ ਭਵਿੱਖ ਦੀ ਲੜਾਈ ਲੜਨ ਲਈ ਲਏ ਗਏ ਅਹਿਦ ਨੂੰ ਕਮਜ਼ੋਰ ਨਹੀਂ ਕਰ ਸਕਦੇ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸ਼ਾਂਤਮਈ ਸੰਘਰਸ਼ ਕਰ ਰਹੇ ਕਿਸਾਨਾਂ ਦੇ ਘੋਲ ਨੂੰ ਕਮਜ਼ੋਰ ਕਰਨ ਲਈ ਅਜਿਹੀਆਂ ਦਮਨਕਾਰੀ ਤੇ ਨਿੰਦਣਯੋਗ ਕਾਰਵਾਈਆਂ ਦਾ ਸਹਾਰਾ ਲੈਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਪੁੱਛਿਆ, ‘ਕੀ ਇਹ ਕਿਸਾਨ ਵੱਖਵਾਦੀ ਤੇ ਅੱਤਵਾਦੀ ਜਾਪਦੇ ਹਨ?’ ਉਨ੍ਹਾਂ ਕੇਂਦਰ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਅਜਿਹੇ ਹੋਛੇ ਢੰਗ-ਤਰੀਕੇ ਕਿਸਾਨਾਂ ਵੱਲੋਂ ਲਏ ਗਏ ਅਹਿਦ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣਾ ਰੁਖ਼ ਹੋਰ ਸਖ਼ਤ ਕਰਨ ਲਈ ਮਜ਼ਬੂਰ ਕਰਨਗੇ। ਉਨ੍ਹਾਂ ਭਾਰਤ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀਆਂ ਡਰਾਉਣੀਆਂ ਕਾਰਵਾਈਆਂ ਦੇ ਜ਼ਰੀਏ ਉਹ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ‘ਤੇ ਤੁਲੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਸਥਿਤੀ ਹੱਥੋਂ ਬਾਹਰ ਨਿਕਲ ਗਈ ਤਾਂ ਇਸ ‘ਤੇ ਕਾਬੂ ਪਾਉਣ ਲਈ ਭਾਜਪਾ ਦੇ ਸਭ ਤੋਂ ਸ਼ਕਤੀਸ਼ਾਲੀ ਆਗੂ ਵੀ ਕੁੱਝ ਨਹੀਂ ਕਰ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਖਤਰਨਾਕ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਦੀ ਬਜਾਏ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਦੋਲਨਕਾਰੀ ਕਿਸਾਨਾਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸਤਾਉਣ ਤੇ ਤੰਗ ਪਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਕਦਮ ਨਾਲ ਕਿਸਾਨ ਹੋਰ ਵੀ ਸਖ਼ਤ ਰੁਖ਼ ਅਖਤਿਆਰ ਕਰਨ ਲਈ ਮਜਬੂਰ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਾਹਰ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੂੰ ਨਾ ਤਾਂ ਕਿਸਾਨਾਂ ਦੀ ਚਿੰਤਾ ਹੈ ਅਤੇ ਨਾ ਹੀ ਉਨ੍ਹਾਂ ਦੀ ਮਾਨਸਿਕਤਾ ਦੀ ਸਮਝ ਹੈ। ਉਨ੍ਹਾਂ ਕਿਹਾ, ‘ਪੰਜਾਬੀ ਸੁਭਾਅ ਤੋਂ ਹੀ ਜੁਝਾਰੂ ਹੁੰਦੇ ਹਨ ਤੇ ਉਨ੍ਹਾਂ ਦੀ ਜੂਝਣ ਦੀ ਭਾਵਨਾ ਉਨ੍ਹਾਂ ਨੂੰ ਦੁਨੀਆ ਵਿੱਚ ਸਰਬੋਤਮ ਯੋਧੇ ਬਣਾਉਂਦੀ ਹੈ।’ ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਖ਼ਤ ਕਦਮਾਂ ਨਾਲ ਪੰਜਾਬ ਦੇ ਕਿਸਾਨ ਇਸ ਦੀ ਨਾਕਾਰਾਤਮਕ ਪ੍ਰਤੀਕਿਰਿਆ ਦੇਣਗੇ। ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਲਗਾਤਾਰ ਵਿਰੋਧ ਕੀਤੇ ਜਾਣ ਤੇ ਦਿੱਲੀ ਦੀ ਹੱਡਚੀਰਵੀਂ ਠੰਢ ਦਾ ਸਾਹਮਣਾ ਕਰ ਰਹੇ ਕਿਸਾਨਾਂ, ਜਿਨ੍ਹਾਂ ਵਿੱਚੋਂ ਕਈਆਂ ਦੀ ਮੌਤ ਹੋ ਚੁੱਕੀ ਹੈ, ਦੇ ਖਦਸ਼ਿਆਂ ਨੂੰ ਨਾ ਸਮਝਣ ਉਤੇ ਹੈਰਾਨੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਨਾ ਸਿਰਫ ਕੇਂਦਰ ਸਰਕਾਰ ਆਪਣੀ ਹਊਮੇ ਕਾਰਨ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਸ ਨਾ ਲੈਣ ਉਤੇ ਅੜੀ ਹੋਈ ਹੈ ਸਗੋਂ ਉਹ ਕਿਸਾਨਾਂ ਦੀ ਹੱਕੀ ਆਵਾਜ਼ ਨੂੰ ਦਬਾਉਣ ਲਈ ਸ਼ਰ੍ਹੇਆਮ ਧੱਕੇਸ਼ਾਹੀ ਵਾਲਾ ਵਤੀਰਾ ਅਪਣਾ ਰਹੀ ਹੈ। ਇਸ ਸਬੰਧੀ ਵਿੱਚ ਇਕ ਮਹੀਨਾ ਪਹਿਲਾਂ ਪੰਜਾਬ ਦੇ ਕਈ ਵੱਡੇ ਆੜ੍ਹਤੀਆਂ ਨੂੰ ਆਮਦਨ ਕਰ ਦਾ ਨੋਟਿਸ ਭੇਜੇ ਜਾਣ ਤੇ ਹੁਣ ਐਨਆਈਏ ਵੱਲੋਂ ਨੋਟਿਸ ਭੇਜੇ ਜਾਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਾਰਵਾਈਆਂ ਕਿਸਾਨਾਂ ‘ਤੇ ਆਪਣਾ ਅੰਦੋਲਨ ਵਾਪਸ ਲੈਣ ਲਈ ਦਬਾਅ ਪਾਉਣ ਲਈ ਕੀਤੀਆਂ ਜਾ ਰਹੀਆਂ ਹਨ।