ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦੌਰਾਨ 26 ਜਨਵਰੀ ਨੂੰ ਹੋਈ ਹਿੰਸਾ ਖ਼ਿਲਾਫ਼ ਬੁੱਧਵਾਰ ਨੂੰ ਜਨਹਿੱਤ ਪਟੀਸ਼ਨਾਂ ’ਤੇ ਸੁਣਵਾਈ ਕੀਤੀ ਜਾਏਗੀ। ਚੀਫ਼ ਜਸਟਿਸ ਆਫ਼ ਇੰਡੀਆ ਜਸਟਿਸ ਐਸ.ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਇਸ ਦੀ ਸੁਣਵਾਈ ਕਰੇਗੀ। ਦੱਸ ਦਈਏ ਕਿ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਬਾਰੇ ਸੁਪਰੀਮ ਕੋਰਟ ਵਿੱਚ 27 ਜਨਵਰੀ ਨੂੰ ਦੋ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਇੱਕ ਪਟੀਸ਼ਨ ਵਿੱਚ ਜਾਂਚ ਲਈ ਇੱਕ ਕਮਿਸ਼ਨ ਗਠਨ ਦੀ ਬੇਨਤੀ ਕੀਤੀ ਗਈ ਹੈ, ਜਦੋਂ ਕਿ ਦੂਜੀ ਪਟੀਸ਼ਨ ਵਿੱਚ ਮੀਡੀਆ ਨੂੰ ਹੁਕਮ ਦੇਣ ਦੀ ਅਪੀਲ ਕੀਤੀ ਗਈ ਹੈ ਕਿ ਉਹ ਬਿਨਾਂ ਕਿਸੇ ਸਬੂਤ ਦੇ ਕਿਸੇ ਵੀ ਕਿਸਾਨ ਨੂੰ ‘ਅੱਤਵਾਦੀ’ ਘੋਸ਼ਿਤ ਨਾ ਕਰੇ।