ਚੰਡੀਗੜ੍ਹ : ਤਿੰਨ ਨਵੇਂ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਰੌਲੇ ਰੱਪੇ ਦੇ ਨਤੀਜੇ ਵਜੋਂ ਸੂਬੇ ਦੀ ਖੇਤੀਬਾੜੀ ਨੂੰ ਦਰਪੇਸ਼ ਖਤਰੇ ਉੱਤੇ ਗਹਿਰੀ ਚਿੰਤਾ ਜ਼ਾਹਿਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਅੰਦਲੋਨਕਾਰੀ ਕਿਸਾਨਾਂ ਦੀਆਂ ਸਾਰੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਦੀ ਤਸੱਲੀ ਮੁਤਾਬਕ ਦੂਰ ਕਰਕੇ ਕੇਂਦਰ ਸਰਕਾਰ ਦੁਆਰਾ ਮੌਜੂਦਾ ਕਿਸਾਨ ਅੰਦੋਲਨ ਦੇ ਮਸਲੇ ਦਾ ਛੇਤੀ ਹੱਲ ਯਕੀਨੀ ਬਣਾਇਆ ਜਾਵੇ। ਅੰਨਦਾਤੇ ਨੂੰ ਪੂਰੀ ਇੱਜ਼ਤ ਦੇਣ ਉੱਤੇ ਪੂਰਾ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਵਰਚੂਅਲ ਮੀਟਿੰਗ ਵਿੱਚ ਪੇਸ਼ ਆਪਣੇ ਭਾਸ਼ਣ ਵਿੱਚ ਸੂਬਾ ਸਰਕਾਰ ਦਾ ਇਹ ਰੁਖ ਦੁਹਰਾਇਆ ਕਿ ਖੇਤੀਬਾੜੀ ਸੂਬਿਆਂ ਦਾ ਵਿਸ਼ਾ ਹੈ ਅਤੇ ਇਸ ਸਬੰਧੀ ਕੋਈ ਵੀ ਕਾਨੂੰਨ ਬਣਾਉਣ ਦਾ ਅਧਿਕਾਰ ਸਵਿਧਾਨ ਵਿੱਚ ਦਰਜ ਸਹਿਕਾਰੀ ਸੰਘਵਾਦ ਦੀ ਸੱਚੀ ਭਾਵਨਾ ਅਨੁਸਾਰ ਸੂਬਿਆਂ ਕੋਲ ਛੱਡ ਦੇਣਾ ਚਾਹੀਦਾ ਹੈ। ਇਸ ਸੰਦਰਭ ਵਿੱਚ ਉਨ੍ਹਾਂ ਸੂਬਾ ਸਰਕਾਰ ਦੁਆਰਾ ਪੰਜਾਬ ਵਿਧਾਨ ਸਭਾ ਵਿੱਚ ਅਕਤੂਬਰ 2020 ਦੌਰਾਨ ਕੇਂਦਰੀ ਕਾਨੂੰਨਾਂ ਵਿੱਚ ਕੀਤੀ ਗਈ ਸੋਧ ਦੇ ਪਾਸ ਕੀਤੇ ਜਾਣ ਵੱਲ ਧਿਆਨ ਦਿਵਾਇਆ।