ਜਲੰਧਰ, ਜਲੰਧਰ ਨੌਰਥ ਵਿਧਾਨ ਸਭਾ ਹਲਕੇ ਦੇ ਇੰਚਾਰਜ ਅਤੇ ਨਗਰ ਨਿਗਮ ਦੇ ਮੇਅਰ ਵਨੀਤ ਧੀਰ ਨੇ ਗਦਈਪੁਰ ਇੰਡਸਟਰੀਅਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮੀਟਿੰਗ ਕਰਕੇ ਇਲਾਕੇ ਦੀਆਂ ਬੁਨਿਆਦੀ ਸਮੱਸਿਆਵਾਂ ਅਤੇ ਉਦਯੋਗਿਕ ਵਿਕਾਸ ਨਾਲ ਜੁੜੇ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਸੜਕਾਂ, ਸੀਵਰੇਜ ਅਤੇ ਸਟਰੀਟ ਲਾਈਟਾਂ ਨਾਲ ਸਬੰਧਤ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ, ਤਾਂ ਜੋ ਉਦਯੋਗਿਕ ਖੇਤਰ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਬਿਹਤਰ ਸਹੂਲਤਾਂ ਮਿਲ ਸਕਣ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਨੇ ਮੇਅਰ ਵਨੀਤ ਧੀਰ ਦਾ ਸਵਾਗਤ ਕੀਤਾ।
ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਦੱਸਿਆ ਕਿ ਗਦਈਪੁਰ ਦੇ ਉਦਯੋਗਿਕ ਖੇਤਰ ਵਿੱਚ ਸੜਕਾਂ ਦਾ ਨਿਰਮਾਣ ਲੰਬੇ ਸਮੇਂ ਤੋਂ ਲਟਕਿਆ ਹੋਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਸੀਵਰੇਜ ਦੀ ਸਮੱਸਿਆ ਨੂੰ ਦੂਰ ਕਰਨ ਅਤੇ ਰਾਤ ਸਮੇਂ ਬੰਦ ਰਹਿਣ ਵਾਲੀਆਂ ਸਟਰੀਟ ਲਾਈਟਾਂ ਨੂੰ ਠੀਕ ਕਰਵਾਉਣ ਦੀ ਮੰਗ ਵੀ ਉਠਾਈ ਗਈ। ਉਦਯੋਗਪਤੀਆਂ ਨੇ ਕਿਹਾ ਕਿ ਉਦਯੋਗਿਕ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਦੀ ਉਪਲਬਧਤਾ ਬੇਹੱਦ ਜ਼ਰੂਰੀ ਹੈ, ਤਾਂ ਜੋ ਕਾਰੋਬਾਰ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਕਰਮਚਾਰੀਆਂ ਤੇ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।
ਮੇਅਰ ਵਨੀਤ ਧੀਰ ਨੇ ਸਪੱਸ਼ਟ ਕੀਤਾ ਕਿ ਗਦਈਪੁਰ ਵਿੱਚ ਸੜਕਾਂ ਦੇ ਨਿਰਮਾਣ ਲਈ ਟੈਂਡਰ ਜਾਰੀ ਹੋ ਚੁੱਕਾ ਹੈ ਅਤੇ ਜਲਦ ਹੀ ਇਲਾਕੇ ਦੀਆਂ ਗਲੀਆਂ ਤੇ ਸੜਕਾਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਉਣ ਲਈ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸੀਵਰੇਜ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਅਤੇ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਠੀਕ ਕਰਵਾਉਣ ਲਈ ਵੀ ਸਬੰਧਤ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਇਲਾਕੇ ਦੀਆਂ ਸਮੱਸਿਆਵਾਂ ਨੂੰ ਅਣਗੌਲਿਆ ਨਹੀਂ ਕੀਤਾ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਵਨੀਤ ਧੀਰ ਨੇ ਕਿਹਾ ਕਿ ਉਦਯੋਗਿਕ ਖੇਤਰ ਕਿਸੇ ਵੀ ਸ਼ਹਿਰ ਦੀ ਆਰਥਿਕ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਉਦਯੋਗਪਤੀਆਂ ਨੂੰ ਬਿਹਤਰ ਬੁਨਿਆਦੀ ਢਾਂਚਾ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਸੀਵਰੇਜ ਅਤੇ ਰੌਸ਼ਨੀ ਵਰਗੀਆਂ ਸਹੂਲਤਾਂ ਸਿਰਫ਼ ਉਦਯੋਗਾਂ ਦੀ ਲੋੜ ਹੀ ਨਹੀਂ, ਸਗੋਂ ਇੱਥੇ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਦੀ ਸਹੂਲਤ ਨਾਲ ਵੀ ਸਿੱਧੇ ਤੌਰ ’ਤੇ ਜੁੜੀਆਂ ਹੋਈਆਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਜਾਵੇਗੀ।
ਇਸ ਮੌਕੇ ਬਿੱਟੂ ਕਾਲੀਆ, ਗਗਨ ਮਲਹੋਤਰਾ, ਵਿਜੇ ਭਾਟੀਆ, ਜੇ.ਬੀ. ਸਿੰਘ ਚੌਧਰੀ, ਪੀਯੂਸ਼ ਸੇਠ, ਮੋਂਟੀ ਗੁਪਤਾ, ਕਿਸ਼ਨ ਪਾਸੀ, ਨਵਦੀਪ ਸਿੰਘ ਵਿਰਦੀ, ਸੂਰਜ ਸਿੰਘ, ਵਿਸ਼ਾਲ ਸ਼ਰਮਾ, ਨਿਖਿਲ ਖੰਨਾ ਅਤੇ ਅੰਕੁਰ ਕੋਹਲੀ ਸਮੇਤ ਗਦਈਪੁਰ ਇੰਡਸਟਰੀਅਲ ਐਸੋਸੀਏਸ਼ਨ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ। ਐਸੋਸੀਏਸ਼ਨ ਦੇ ਮੈਂਬਰਾਂ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਦਾ ਭਰੋਸਾ ਦੇਣ ਲਈ ਮੇਅਰ ਵਨੀਤ ਧੀਰ ਦਾ ਧੰਨਵਾਦ ਕੀਤਾ।